ਚੰਡੀਗੜ੍ਹ, 10 ਦਸੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਖ-ਵੱਖ ਖੇਤਰਾਂ ਦੇ ਦੌਰਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੇ ਨਿਵੇਕਲਾ ਤਰੀਕਾ ਅਪਣਾਇਆ ਹੈ। ਸੂਬਾ ਪੁਲਿਸ ਵੱਲੋਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨੇ ਵਾਲੀਆਂ ਥਾਵਾਂ ‘ਤੇ ਡੀਜੇ ਲਗਾਏ ਜਾਣਗੇ ਤੇ ਉੱਚੀ ਆਵਾਜ਼ ‘ਚ ਗੁਰਬਾਣੀ ਦਾ ਪਾਠ ਕੀਤਾ ਜਾਵੇਗਾ।
ਇਸ ਤਰ੍ਹਾਂ ਧਰਨੇ ਦੌਰਾਨ ਮੁੱਖ ਮੰਤਰੀ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਮੁਲਾਜ਼ਮਾਂ ਤੇ ਹੋਰਨਾਂ ਦੀ ਆਵਾਜ਼ ਨੂੰ ਘੱਟ ਕਰਨ ‘ਚ ਮਦਦ ਮਿਲੇਗੀ। ਇਸ ਤਰ੍ਹਾਂ ਜਿੱਥੇ ਨਾਅਰੇਬਾਜ਼ੀ ਨਾਲ ਖਰਾਬ ਹੁੰਦੇ ਅਕਸ ਨੂੰ ਬਚਾਇਆ ਜਾ ਸਕੇਗਾ, ਉੱਥੇ ਹੀ ਚੋਣਾਂ ਦੇ ਸੀਜ਼ਨ ‘ਚ ਮੁਲਾਜ਼ਮਾਂ ਅਤੇ ਹੋਰ ਲੋਕਾਂ ‘ਤੇ ਤਾਕਤ ਦੀ ਵਰਤੋਂ ਕਰਕੇ ਪੈਦਾ ਹੋਣ ਵਾਲੀ ਨਾਰਾਜ਼ਗੀ ਤੋਂ ਵੀ ਬਚਿਆ ਜਾ ਸਕੇਗਾ।
ਪੰਜਾਬ ਪੁਲਿਸ ਦੇ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਆਈਜੀ ਦੀ ਤਰਫੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੱਤਰ ਅਨੁਸਾਰ ਜਦੋਂ ਵੀ ਕਿਸੇ ਜ਼ਿਲ੍ਹੇ ‘ਚ ਪੰਜਾਬ ਦੇ ਮੁੱਖ ਮੰਤਰੀ ਦਾ ਕੋਈ ਪ੍ਰੋਗਰਾਮ ਜਾਂ ਸਮਾਗਮ ਹੁੰਦਾ ਹੈ ਤਾਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਧਰਨੇ ਦੌਰਾਨ ਸੜਕ ਦੇ ਆਲੇ-ਦੁਆਲੇ ਉੱਚੀ ਆਵਾਜ਼ ਵਿੱਚ ਮੁੱਖ ਮੰਤਰੀ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਂਦੀ ਹੈ।
ਚਿੱਠੀ ‘ਚ ਕਿਹਾ ਗਿਆ ਹੈ ਕਿ ਭਵਿੱਖ ‘ਚ ਮੁੱਖ ਮੰਤਰੀ ਦੇ ਕਿਸੇ ਵੀ ਜ਼ਿਲ੍ਹੇ ਦੇ ਦੌਰੇ ਦੌਰਾਨ ਜੇਕਰ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੋਈ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਉਸ ਥਾਂ ‘ਤੇ ਡੀਜੇ/ਧਾਰਮਿਕ ਗੀਤ ਵਜਾਇਆ ਜਾਵੇਗਾ।