ਅੰਮ੍ਰਿਤਸਰ, 13 ਦਸੰਬਰ (ਬਿਊਰੋ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਉਪਰੰਤ ਸਾਰੇ ਕਿਸਾਨ ਫਤਹਿ ਮਾਰਚ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਨੇ ਖੇਤੀ ਕਾਨੂੰਨ ਰੱਦ ਹੋਣ ਦੀ ਅਰਦਾਸ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਸਨ।
ਉਕਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਵਧ ਸਮੇਂ ਤੋਂ ਡਟੇ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਰੱਦ ਕਰ ਦਿੱਤਾ, ਜਿਸ ਸਦਕਾ ਸਰਹੱਦ ’ਤੇ ਬੈਠੇ ਕਿਸਾਨਾਂ ਨੂੰ ਆਖ਼ਰਕਾਰ ਇਕ ਸਾਲ ਤੋਂ ਵਧ ਸਮੇਂ ਬਾਅਦ ਜਿੱਤ ਹਾਸਲ ਹੋ ਗਈ। ਕਿਸਾਨਾਂ ਨੇ ਹੁਣ ਆਪਣੇ ਘਰਾਂ ਨੂੰ ਵਾਪਸੀ ਕਰ ਲਈ ਹੈ। ਟਰੈਕਟਰ-ਟਰਾਲੀਆਂ ਅਤੇ ਜੀਪਾਂ ’ਚ ਸਵਾਰ ਹੋ ਕੇ ਘਰਾਂ ਨੂੰ ਵਾਪਸੀ ਕਰ ਰਹੇ ਕਿਸਾਨਾਂ ’ਤੇ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।