ਜਲੰਧਰ 22 ਦਸੰਬਰ (ਬਿਊਰੋ)- ਕੈਬਨਿਟ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਧਰਨੇ ਉਤੇ ਬੈਠੇ ਅਧਿਆਪਕਾਂ ਵਿਚੋਂ ਕਰੀਬ 4 ਅਧਿਆਪਕ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਮੌਕੇ ਉਤੇ ਮੌਜੂਦ ਪੁਲਸ ਕਰਮਚਾਰੀਆਂ ਵੱਲੋਂ ਉਨ੍ਹਾਂ ਅਧਿਆਪਕ ਨੂੰ ਰੋਕ ਲਿਆ ਗਿਆ। ਦਰਅਸਲ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਖ਼ਿਲਾਫ਼ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ, ਜਿਸ ਦੇ ਚਲਦੇ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਆ ਕੇ ਖ਼ੁਦ ‘ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਕਿ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਮੌਕੇ ਪੁਲਸ ਦੇ ਨਾਲ ਕਾਫ਼ੀ ਧੱਕਾ-ਮੁੱਕੀ ਵੀ ਹੋਈ।
ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਪਰਗਟ ਸਿੰਘ ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਆਪਣੀਆਂ ਮੰਗਾਂ ਨੂੰ ਲੈ ਕੇ ਆਉਂਦੇ ਹਨ ਅਤੇ ਇਨ੍ਹਾਂ ਨੂੰ ਪੁਲਸ ਦੇ ਡੰਡਿਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਮਿਲਦਾ। ਕਈ ਵਾਰ ਪੰਜਾਬ ਸਰਕਾਰ ਦੇ ਨਾਲ ਟੇਬਲ ਟਾਕ ਹੋ ਚੁੱਕੀ ਹੈ ਪਰ ਇਨ੍ਹਾਂ ਨੂੰ ਸਿਰਫ਼ ਲਾਰੇ ਤੇ ਲਾਰੇ ਲਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਕਈ ਅਧਿਆਪਕ ਅੱਜ ਆਤਮਦਾਹ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਰੋਕ ਦਿੱਤਾ ਗਿਆ।