ਅੰਮ੍ਰਿਤਸਰ,1 ਜਨਵਰੀ (ਬਿਊਰੋ)- ਕੜਾਕੇ ਦੀ ਠੰਡ ਦੇ ਬਾਵਜੂਦ ਨਵੇਂ ਸਾਲ ਦੇ ਮੌਕੇ ਲੋਕਾਂ ਦੀ ਆਸਥਾ ਘੱਟ ਨਹੀਂ ਹੋਈ। ਨਵੇੇਂ ਸਾਲ ਦੇ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਨਵੇਂ ਸਾਲ ਦੇ ਮੌਕੇ ਸ਼ਰਧਾਲੂਆਂ ਵਲੋਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਗਏ, ਜਿਸ ਉਪਰੰਤ ਸ਼ਰਧਾਲੂਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ ਗਿਆ। ਸ਼ਰਧਾਲੂਆਂ ਵਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ। ਸਾਲ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਤਮਿਕ ਬਲ ਪ੍ਰਾਪਤ ਕੀਤਾ ਅਤੇ ਆਤਮਿਕ ਸ਼ਾਂਤੀ ਹਾਸਲ ਕੀਤੀ।
ਇਸ ਦੌਰਾਨ ਵੱਡੀ ਗਿਣਤੀ ’ਚ ਜਨਾਨੀਆਂ, ਬੱਚੇ ਅਤੇ ਬਜ਼ੁਰਗ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੱਥਾ ਟੇਕਣ ਲਈ ਸਾਲ ਦੇ ਪਹਿਲੇ ਦਿਨ ਆਏ ਸ਼ਰਧਾਲੂਆਂ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹੋਏ ਸਨ। ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਗੁਰੂ ਘਰ ’ਚ ਹਾਜ਼ਰੀ ਭਰ ਕੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਇਸਦੇ ਨਾਲ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਅਤੇ ਨਵਾਂ ਸਾਲ ਮਨਾਉਣ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿਆਸਤ ਤੋਂ ਪ੍ਰੇਰਿਤ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਹ ਜ਼ਰੂਰ ਕਿਹਾ ਕਿ ਦੋ ਹਜ਼ਾਰ 22 ਵਿੱਚ ਕਾਂਗਰਸ ਦੀ ਸਰਕਾਰ ਹੀ ਪੰਜਾਬ ਵਿਚ ਬਣੇਗੀ।