ਚੰਡੀਗੜ੍ਹ, 7 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ ‘ਆਪ’ ਨੇ ਵਿਧਾਨ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਅੱਠਵੀਂ ਸੂਚੀ ਵਿੱਚ ‘ਆਪ’ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਤੱਕ ਆਮ ਆਦਮੀ ਪਾਰਟੀ ਨੇ 104 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੀ ਅੱਠਵੀਂ ਸੂਚੀ ਮੁਤਾਬਕ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਤੋਂ, ਫੌਜਾ ਸਿੰਘ ਸਰਾਰੀ ਨੂੰ ਗੁਰੂਹਰਸਹਾਏ ਤੋਂ ਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਟਿਕਟ ਦਿੱਤੀ ਗਈ ਹੈ। ਹੁਣ ਆਮ ਆਦਮੀ ਪਾਰਟੀ ਦੇ 13 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚੇ ਨਾਲ ਆਮ ਆਦਮੀ ਪਾਰਟੀ ਦੇ ਗੱਠਜੋੜ ਦੀ ਸੰਭਾਵਨਾ ਖਤਮ ਹੋ ਗਈ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੋਰਚੇ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਹਲਕਿਆਂ ’ਤੇ ਇਕੱਲਿਆਂ ਚੋਣ ਲੜੀ ਜਾਵੇਗੀ।
ਉਨ੍ਹਾਂ ਕਿਹਾ ਹੈ ਕਿ ਉਮੀਦਵਾਰਾਂ ਦਾ ਐਲਾਨ 2-3 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ, ਜਿਸ ਦੀ ਤਿਆਰੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਬਲਵੀਰ ਸਿੰਘ ਰਾਜੇਵਾਲ ਦੀਆਂ ਕੇਜਰੀਵਾਲ ਨਾਲ ਮੀਟਿੰਗ ਸਬੰਧੀ ਕਨਸੋਆਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਸਨ ਪਰ ਉਹ ਆਮ ਆਦਮੀ ਪਾਰਟੀ ਨੂੰ ਵੀ ਪੂੰਜੀਵਾਦੀਆਂ ਦੀ ਪਾਰਟੀ ਮੰਨਦੇ ਹਨ ਤੇ ਸੰਯੁਕਤ ਸਮਾਜ ਮੋਰਚੇ ਦੇ ‘ਆਪ’ ਨਾਲ ਗੱਲਬਾਤ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਹੋ ਸਕਦਾ ਹੈ।