ਲੰਬੀ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਦ ਹੋਈ ਰੈਲੀ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਢਿੱਲ-ਮੱਠ ਤੋਂ ਬਾਅਦ ਦਿੱਲੀ ਵਾਪਸੀ ਪਿੱਛੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਵੱਖ-ਵੱਖ ਆਗੂਆਂ ਵੱਲੋਂ ਕੀਤੀ ਜਾ ਰਹੀ ਮੰਗ ਦੇ ਸਬੰਧ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸਰਦਾਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਲੋਕਤੰਤਰ ਹੈ।
ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਲਈ ਜੋ ਲੋਕ ਜ਼ਿੰਮੇਵਾਰ ਹਨ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਲਈ ਸੂਬੇ ਦਾ ਗ੍ਰਹਿ ਮੰਤਰੀ ਅਤੇ ਮੁੱਖ ਤੌਰ ’ਤੇ ਡੀ. ਜੀ. ਪੀ. ਜ਼ਿੰਮੇਵਾਰ ਹੈ ਅਤੇ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਸ ਸੰਬੰਧੀ ਜਾਂਚ ਕਮੇਟੀਆਂ ਬਣੀਆਂ ਹਨ ਅਤੇ ਜਾਂਚ ਹੋ ਰਹੀ ਹੈ ਪਰ ਰਾਸ਼ਟਰਪਤੀ ਰਾਜ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੀਦੀ।