ਚੰਡੀਗੜ੍ਹ, 11 ਜਨਵਰੀ (ਬਿਊਰੋ)- ਸੰਯੁਕਤ ਸਮਾਜ ਮੋਰਚਾ ਚੋਣਾਂ ਲੜਨ ਲਈ ਤਿਆਰ-ਬਰ-ਤਿਆਰ ਹੈ। ਕਿਸਾਨ ਜਥੇਬੰਦੀਆਂ ਨੇ 117 ਸੀਟਾਂ ’ਤੇ ਚੋਣ ਲੜਨ ਲਈ 14 ਜਨਵਰੀ ਤੱਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਤੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫ਼ਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ 117 ਸੀਟਾਂ ’ਤੇ ਵਿਧਾਨ ਸਭਾ ਦੀ ਚੋਣ ਲੜੇਗੀ ਤੇ 14 ਜਨਵਰੀ ਤੱਕ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਕੋਲੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਉਂਝ ਕਾਫ਼ੀ ਅਰਜ਼ੀਆਂ ਪ੍ਰਾਪਤ ਵੀ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਚਿਹਰੇ ਹਨ। ਕਈ ਥਾਵਾਂ ’ਤੇ ਸੀਨੀਅਰ ਸਿਟੀਜਨਾਂ ਨੇ ਵੀ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨੀ ਝੰਡੇ ਹੇਠ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਂਦੇ ਇਸੇ ਹਫ਼ਤੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮ ਵਰਗ ਸਮੇਤ ਪੰਜਾਬ ਦੇ ਸਾਰੇ ਭਖਦੇ ਮੁੱਦੇ ਸ਼ਾਮਲ ਕੀਤੇ ਜਾਣਗੇ।
ਕਿਸਾਨ ਆਗੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਦੇ ਲੋਕਾਂ ਨਾਲ ਸਿਰਫ਼ ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ। ਸ੍ਰੀ ਰਾਜੇਵਾਲ ਨੇ ਕਿਹਾ ਕਿ ਫਿਲਹਾਲ 32 ’ਚੋਂ 22 ਕਿਸਾਨ ਜਥੇਬੰਦੀਆਂ ਦੀ ਹਾਮੀ ਭਰੀ ਹੈ ਤੇ ਬਾਕੀ ਜਥੇਬੰਦੀਆਂ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਂਗ ਹਨ, ਉਨ੍ਹਾਂ ’ਚੋਂ ਵੀ ਕਾਫ਼ੀ ਸਹਿਮਤ ਹੋ ਜਾਣਗੇ।