ਸੰਗਰੂਰ, 14 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਵਫ਼ਦ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਮਸਲਿਆਂ, ਪੰਜਾਬ ਦੀ ਬਿਹਤਰੀ ਅਤੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਵਫਦ ’ਚ ਉਨ੍ਹਾਂ ਨਾਲ ਸਾਬਕਾ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਰਣਜੀਤ ਸਿੰਘ ਤਲਵੰਡੀ, ਸੁਖਵੰਤ ਸਿੰਘ ਸਰਾਓ ਅਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ ਵੀ ਮੌਜੂਦ ਸਨ।
ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਪੰਥਕ ਪਾਰਟੀ ਹੈ, ਜੋ ਪੰਥ ਦੇ ਮਸਲਿਆਂ ਦੀ ਡਟਵੀਂ ਪੈਰਵਾਈ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ ਤੇ ਵੱਡੇ ਕਰਜ਼ੇ ਦੇ ਭਾਰ ਹੇਠਾਂ ਦੱਬਿਆ ਪਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਹੁਤ ਸਾਰੇ ਮਸਲੇ ਅਜਿਹੇ ਹਨ, ਜਿਨ੍ਹਾਂ ਨੂੰ ਹੱਲ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਇਹ ਵੇਲਾ ਨਾ ਸੰਭਾਲਿਆ ਅਤੇ ਸੰਕਟ ਵੇਲੇ ਸਹੀ ਢੰਗ ਨਾਲ ਆਵਾਜ਼ ਬੁਲੰਦ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਬਣੀ ਹੈ। ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰਨ ਸਮੇਤ ਹੋਰ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ।