ਅੰਮ੍ਰਿਤਸਰ, 15 ਜਨਵਰੀ (ਬਿਊਰੋ)- ਡਰੱਗ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਜਿੱਥੇ ਸ਼ਹਿਰ ਦੇ ਸ਼ੁਰੂਆਤੀ ਗੋਲਡਨ ਗੇਟ ’ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਮਜੀਠੀਆ ਦਾ ਭਰਮਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਪਾਰਟੀ ਜਿੱਥੋਂ ਬੋਲੇਗੀ, ਉਹ ਉਥੋਂ ਹੀ ਚੋਣ ਲੜਨਗੇ। ਪਾਰਟੀ ਜਿਹੜਾ ਵੀ ਹੁਕਮ ਉਨ੍ਹਾਂ ਨੂੰ ਕਰੇਗੀ, ਉਹ ਮੰਨਣਗੇ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਇਨਸਾਫ਼ ਦੀ ਜਿੱਤ ਹੋਈ ਹੈ। ਇਸ ਮੌਕੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਮਜੀਠੀਆ ਸਵਾਗਤ ਕੀਤਾ |
ਸੋਮਵਾਰ ਨੂੰ ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ
ਦੱਸਣਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਹੁਕਮ ਦਿੱਤੇ ਸਨ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ ਵਿਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ ’ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ ਵਿਚ ਆਪਣਾ ਜਵਾਬ ਸੌਂਪ ਦਿੱਤਾ ਸੀ। ਇਸ ਦੌਰਾਨ ਅਹਿਮ ਗੱਲ ਇਹ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਜੇ ਤੱਕ ਪੰਜਾਬ ਸਰਕਾਰ ਨਸ਼ੇ ਨੂੰ ਚੋਣ ਮੁੱਦਾ ਬਨਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।