ਪੰਜਾਬ ‘ਚ ED ਦੀ ਛਾਪੇਮਾਰੀ ਬਾਰੇ CM ਚੰਨੀ ਦਾ ਬਿਆਨ, ‘ਦਬਾਅ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼’

channi/nawanpunjab.com

ਚੰਡੀਗੜ੍ਹ, 18 ਜਨਵਰੀ (ਬਿਊਰੋ)-  ਪੰਜਾਬ ‘ਚ ਨਾਜਾਇਜ਼ ਮਾਈਨਿੰਗ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਬਾਰੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਦੋਂ ਵੈਸਟ ਬੰਗਾਲ ‘ਚ ਚੋਣਾਂ ਹੋਈਆਂ ਸਨ ਤਾਂ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ਨੂੰ ਵੀ ਇੰਝ ਹੀ ਟਾਰਗੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸੇ ਤਰਜ਼ ‘ਤੇ ਹੁਣ ਪੰਜਾਬ ‘ਚ ਈ. ਡੀ. ਉਨ੍ਹਾਂ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਅਤੇ ਮੰਤਰੀਆਂ ‘ਤੇ ਹੀ ਨਹੀਂ, ਸਗੋਂ ਹਰ ਕਾਂਗਰਸੀ ਵਰਕਰ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਤੰਤਰ ਲਈ ਇਹ ਚੰਗਾ ਮਾਹੌਲ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆ ਗਈਆਂ ਤਾਂ ਈ. ਡੀ. ਨੂੰ ਵੀ ਛਾਪੇਮਾਰੀ ਦੀ ਯਾਦ ਆ ਗਈ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰਾ ਦਬਾਅ ਝੱਲਣ ਲਈ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਜਿੰਨੀ ਪਰੇਸ਼ਾਨੀ ਉਹ ਸਾਨੂੰ ਦੇਣਗੇ, ਅਸੀਂ ਲੈਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਉਹ ਇਸ ਨੂੰ ਕਿਸੇ ਵੀ ਤਰੀਕੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਈ. ਡੀ. ਵੱਲੋਂ ਮੈਨੂੰ ਅਤੇ ਮੇਰੇ ਮੰਤਰੀਆਂ ਨੂੰ ਟਾਰਗੇਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2018 ਦੀ ਐੱਫ. ਆਈ. ਆਰ. ਨਾਲ ਸਬੰਧਿਤ ਇਹ ਛਾਪੇਮਾਰੀ ਕੀਤੀ ਗਈ ਹੈ ਅਤੇ ਉਦੋਂ ਉਹ ਮੁੱਖ ਮੰਤਰੀ ਵੀ ਨਹੀਂ ਸਨ ਅਤੇ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਦੱਬਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰੀਕੇ ਪੰਜਾਬ ਕਾਂਗਰਸ ਨੂੰ ਦਬਾਉਣ ਦੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *