ਲੁਧਿਆਣਾ, 19 ਜਨਵਰੀ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਨੂੰ ਨਿਯਮਤ ਸਿਹਤ ਜਾਂਚ ਲਈ ਲੁਧਿਆਣਾ ਦੇ ਹੀਰੋ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਨ੍ਹਂ ਦਾ ਕਰੋਨਾ ਟੈਸਟ ਕੀਤਾ ਗਿਆ। ਟੈਸਟ ਰਿਪੋਰਟ ਵਿੱਚ ਉਨ੍ਹਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰ ਲਿਆ ਗਿਆ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਸਵੇਰੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ। ਹਾਲਾਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਹ ਰੈਗੂਲਰ ਮੈਡੀਕਲ ਚੈਕਅੱਪ ਹੈ ਪਰ ਬਾਅਦ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਗਈ ਹੈ।
ਪ੍ਰਕਾਸ਼ ਸਿੰਘ ਬਾਦਲ ਆਪਣੇ ਗ੍ਰਹਿ ਮੈਦਾਨ ਲੰਬੀ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਹਨ। ਸ਼ਾਇਦ ਇਸੇ ਦੌਰਾਨ ਉਹ ਕਿਸੇ ਕੋਰੋਨਾ ਪੌਜੇਟਿਵ ਦੇ ਸੰਪਰਕ ਵਿੱਚ ਆ ਗਏ। ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਉਹ ਕੋਵਿਡ ਪੌਜ਼ੇਟਿਵ ਹਨ ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ। ਸੂਤਰਾਂ ਮੁਤਾਬਕ 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੇ ਹਲਕੇ ਦਾ ਦੌਰਾ ਕਰਦਿਆਂ, ਮੂੰਹ ‘ਤੇ ਮਾਸਕ ਨਹੀਂ ਪਾਇਆ ਸੀ। ਉਹ ਲਗਾਤਾਰ ਲੋਕਾਂ ਨੂੰ ਮਿਲ ਰਹੇ ਸੀ।