ਚੰਡੀਗੜ੍ਹ, 20 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਫਾਰਮੂਲਾ ਤੈਅ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਰਮੂਲੇ ਦੇ ਤਹਿਤ ਭਾਰਤੀ ਜਨਤਾ ਪਾਰਟੀ 66 ਸੀਟਾਂ ‘ਤੇ ਚੋਣ ਲੜੇਗੀ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ 38 ਸੀਟਾਂ ਮਿਲੀਆਂ ਹਨ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 13 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਸ ਤੋਂ ਇਲਾਵਾ ਬੈਂਸ ਬ੍ਰਦਰਜ਼ ਦੀ ਪਾਰਟੀ ਲੋਕ ਇਨਸਾਫ਼ ਪਾਰਟੀ ਵੱਲੋਂ 4 ਸੀਟਾਂ ‘ਤੇ ਚੋਣਾਂ ਲੜੀਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਲਈ ਭਾਜਪਾ ਨੇ ਕੈਪਟਨ ਅਤੇ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਕੀਤਾ ਹੈ। ਸੀਟ ਵੰਡ ਨੂੰ ਅੰਤਿਮ ਰੂਪ ਦੇਣ ਲਈ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ ਸੀ।