ਅਮ੍ਰਿਤਸਰ, 2 ਫਰਵਰੀ (ਬਿਊਰੋ)- ਲਗਾਤਾਰ ਤਿੰਨ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਜੇਤੂ ਰਹੇ ਬਿਕਰਮ ਸਿੰਘ ਮਜੀਠੀਆ ਨੇ ਇਸ ਵਾਰ ਮਜੀਠਾ ਹਲਕੇ ਤੋਂ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਹਲਕੇ ਤੋਂ ਇਸ ਵਾਰ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗ਼ਨੀਵ ਮਜੀਠੀਆ ਚੋਣ ਲੜ ਰਹੀ ਹੈ। ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾ ਬਿਕਰਮ ਮਜੀਠੀਆ ਦੀ ਪਤਨੀ ਗ਼ਨੀਵ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਜੀਠਾ ਹਲਕੇ ਦੇ ਅਕਾਲੀ ਦਲ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਨੀਵ ਮਜੀਠੀਆ ਨੇ ਕਿਹਾ ਕਿ ਉਹ ਮਜੀਠਾ ਹਲਕੇ ਦੇ ਇਲਾਕਾ ਵਾਸੀਆਂ ਨੂੰ ਆਪਣੇ ਬੱਚਿਆਂ ਵਾਂਗ ਪਿਆਰ ਕਰਨਗੇ ਅਤੇ ਉਨ੍ਹਾਂ ਦੀ ਦੇਖ-ਰੇਖ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਮਜੀਠੇ ਤੋਂ ਚੋਣ ਲੜਨ ਲਈ ਪਹਿਲੀ ਵਾਰ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਦਾ ਸਿਆਸੀ ਸਫ਼ਰ ਵੀ ਇੱਥੋਂ ਹੀ ਸ਼ੁਰੂ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਉਹ ਮਜੀਠਾ ਹਲਕਾ ਵਾਸੀਆਂ ਦੀ ਮਦਦ ਤੇ ਪਿਆਰ ਨਾਲ ਚੋਣ ਜਿੱਤਣਗੇ ਅਤੇ ਆਪਣਾ ਚੋਣ ਪ੍ਰਚਾਰ ਸਿਰਫ਼ ਮਜੀਠਾ ਹਲਕੇ ਵਿੱਚ ਹੀ ਕਰਨਗੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ ਮਾਝੇ ਦੇ ਜਰਨੈਲ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੈਲੰਜ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਇਸ ਵਾਰ ਸਿਰਫ਼ ਵਿਧਾਨ ਸਭਾ ਹਲਕਾ ਪੂਰਬੀ ਤੋਂ ਚੋਣ ਲੜਨਗੇ। ਇਸੇ ਕਰਕੇ ਬਿਕਰਮ ਮਜੀਠੀਆ ਦੀ ਪਤਨੀ ਗਨੀ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਉਤਰੇ ਹਨ।