ਸ੍ਰੀ ਕੇਸਗੜ੍ਹ ਸਾਹਿਬ, 7 ਫਰਵਰੀ (ਬਿਊਰੋ)- ਕਾਂਗਰਸ ਹਾਈਕਮਾਨ ਵੱਲੋਂ ਸੀ. ਐੱਮ. ਚਿਹਰੇ ਦੇ ਐਲਾਨ ਮਗਰੋਂ ਅੱਜ ਚਰਨਜੀਤ ਸਿੰਘ ਚੰਨੀ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਜਿੱਥੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ, ਉਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਮਾਤਾ ਨੈਣਾ ਦੇਵੀ ਜੀ ਦੇ ਦਰਬਾਰ ’ਚ ਵੀ ਨਤਮਸਤਕ ਹੋਣ ਪੁੱਜੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਬੀਤੇ ਦਿਨ ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ ਦੇ ਦੌਰੇ ’ਤੇ ਲੁਧਿਆਣਾ ਵਿਖੇ ਆਏ ਸਨ, ਜਿੱਥੇ ਉਨ੍ਹਾਂ ਵੱਲੋਂ ਵਰਚੁਅਲ ਰੈਲੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਤੋਂ ਚੋਣਾਂ ਲੜਨ ਦੇ ਨਾਲ-ਨਾਲ ਭਦੌੜ ਹਲਕੇ ਤੋਂ ਵੀ ਚੋਣਾਂ ਲੜ ਰਹੇ ਹਨ।