ਚੰਡੀਗੜ੍ਹ, 18 ਫਰਵਰੀ (ਬਿਊਰੋ)- ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੂੰ ਪਾਰਟੀ ‘ਚ ਬਾਹਰ ਕੱਢ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਹਰਮੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਪਾਰਟੀ ਵਿੱਚੋਂ ਕੱਢਿਆ ਹੈ। ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ।
ਇਸ ਤੋਂ ਪਹਿਲਾਂ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਨੂੰ ਪੱਤਰ ਜਾਰੀ ਕਰ ਕੇ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਅਮਰੀਕ ਸਿੰਘ ਢਿੱਲੋਂ ਨੂੰ ਟਿਕਟ ਨਾ ਮਿਲਣ ‘ਤੇ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਸੀ।