ਚੰਡੀਗੜ੍ , 24 ਫਰਵਰੀ : ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੈ। ਬੀਤੀ 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਵੱਡੀ ਰਾਹਤ ਦਿੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਸੀ। ਅਦਾਲਤ ਦੇ ਇਸ ਫੈਸਲੇ ਕਾਰਨ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਸਕੇ ਹਨ। ਅਦਾਲਤ ਨੇ ਵੱਖ-ਵੱਖ ਪਹਿਲੂਆਂ ‘ਤੇ ਨਜ਼ਰਸਾਨੀ ਕਰਨ ਮਗਰੋਂ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਸੀ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਨਿਰਦੇਸ਼ ਵੀ ਦਿੱਤੇ ਸਨ ਕਿ ਉਹ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦੇਣ ਮਗਰੋਂ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਵੀ ਨਹੀਂ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਸੀ।
ਬਿਕਰਮ ਮਜੀਠੀਆ ਦੀ ਮੁਹਾਲੀ ਅਦਾਲਤ ਵਿੱਚ ਪੇਸ਼ੀ ਅੱਜ
