ਚੰਡੀਗੜ੍ਹ, 11 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸ਼ੁੱਕਰਵਾਰ ਸਵੇਰੇ ਦਿੱਲੀ ਲਈ ਰਵਾਨਾ ਹੋਏ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ ਲਈ ਉਹ ਅੱਜ ਸ਼ਾਮ ਤੱਕ ਤਾਰੀਖ਼ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ‘ਚ ਸਹੁੰ ਚੁੱਕਣਗੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਰਸਮੀ ਤੌਰ ‘ਤੇ ਅੱਜ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਦੁਪਿਹਰ ਬਾਅਦ ਮੀਟਿੰਗ ਹੋਵੇਗੀ। ਇਸ ਗੱਲ ਦੀ ਵੀ ਪੂਰੀ ਸੰਭਾਵਨਾ ਹੈ ਕਿ ਭਗਵੰਤ ਮਾਨ ਖਟਕੜ ਕਲਾਂ ‘ਚ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਹੀ ਸਹੁੰ ਚੁੱਕ ਸਕਦੇ ਹਨ।
ਇਹ ਵੀ ਦੱਸਣਯੋਗ ਹੈ ਕਿ ਪੰਜਾਬ ’ਚ ਰਵਾਇਤੀ ਰੂਪ ’ਚ ਵਿਧਾਨ ਸਭਾ ਚੋਣ ਜਿੱਤ ਕੇ ਆਉਣ ਵਾਲੀ ਪਾਰਟੀ ਦੇ ਨੇਤਾ ਵੱਲੋਂ ਰਾਜ ਭਵਨ ਚੰਡੀਗੜ੍ਹ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਂਦੀ ਹੈ ਪਰ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਪੁਰਾਣੀ ਰਵਾਇਤ ਨੂੰ ਤੋੜਣ ਦਾ ਫ਼ੈਸਲਾ ਲਿਆ ਹੈ।