ਮੁਕਤਸਰ, 12 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੋ ਚੋਣ ਨਤੀਜੇ ਆਏ ਹਨ, ਉਨ੍ਹਾਂ ਨੂੰ ਸਵੀਕਾਰ ਕਰਦਾ ਹੈ। ਲੋਕਾਂ ਦੀ ਆਵਾਜ਼ ਪਰਮਾਤਮਾ ਦੀ ਆਵਾਜ਼ ਵਰਗੀ ਹੈ। ਉਹ ਇਸ ਫਤਵੇ ਨੂੰ ਸਿਰ ਝੁਕਾ ਕੇ ਸਵੀਕਾਰ ਕਰਦਾ ਹੈ। ਪਾਰਟੀ ਦੇ ਮੁਖੀ ਹੋਣ ਦੇ ਨਾਤੇ ਉਹ ਇਸ ਹਾਰ ਦੀ ਜ਼ਿੰਮੇਵਾਰੀ ਵੀ ਲੈਂਦੇ ਹਨ। ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਹ ਇਸ ਲਈ ਭਗਵੰਤ ਮਾਨ ਨੂੰ ਵੀ ਵਧਾਈ ਦਿੰਦੇ ਹਨ। ਉਹ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਜੰਗ ‘ਚ ਡਟ ਕੇ ਸੰਘਰਸ਼ ਕੀਤਾ।
ਇਸ ਲੜਾਈ ‘ਚ ਅਕਾਲੀ ਵਰਕਰਾਂ ਨੇ ਦਿਨ ਰਾਤ ਮਿਹਨਤ ਕੀਤੀ ਹੈ। ਚੋਣਾਂ ‘ਚ ਹਰ ਵਰਕਰ, ਆਗੂ ਤੇ ਉਮੀਦਵਾਰ ਨੇ ਸਖ਼ਤ ਮਿਹਨਤ ਕੀਤੀ ਹੈ, ਪਰ ਨਤੀਜਾ ਪ੍ਰਮਾਤਮਾ ਦੇ ਹੱਥ ਹੈ। ਫਿਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੋਮਵਾਰ ਨੂੰ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ‘ਚ ਆਗੂਆਂ, ਸਾਰੇ ਉਮੀਦਵਾਰਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਜਿਸ ‘ਚ ਹਾਰ ਦਾ ਮੰਥਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਚੋਣ ਨਤੀਜਿਆਂ ਤੋਂ ਬਾਅਦ ਉਹ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ।